< ਯੂਹੰਨਾ 19 >
1 ੧ ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ ।
2 ੨ ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ।
3 ੩ ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।
4 ੪ ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”
5 ੫ ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”
6 ੬ ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”
7 ੭ ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”
8 ੮ ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ।
9 ੯ ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।
10 ੧੦ ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?”
11 ੧੧ ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”
12 ੧੨ ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
13 ੧੩ ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।
14 ੧੪ ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”
15 ੧੫ ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
16 ੧੬ ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।
17 ੧੭ ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ।
18 ੧੮ ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।
19 ੧੯ ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”
20 ੨੦ ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।
21 ੨੧ ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”
22 ੨੨ ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”
23 ੨੩ ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।
24 ੨੪ ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ।
25 ੨੫ ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।
26 ੨੬ ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”
27 ੨੭ ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।
28 ੨੮ ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”
29 ੨੯ ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ।
30 ੩੦ ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।
31 ੩੧ ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।
32 ੩੨ ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ।
33 ੩੩ ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ।
34 ੩੪ ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।
35 ੩੫ (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)
36 ੩੬ ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
37 ੩੭ ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”
38 ੩੮ ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।
39 ੩੯ ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ।
40 ੪੦ ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।
41 ੪੧ ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
42 ੪੨ ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।