< ਯੂਹੰਨਾ 21 >
1 ੧ ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।
2 ੨ ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।
3 ੩ ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ।
4 ੪ ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
5 ੫ ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।”
6 ੬ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।
7 ੭ ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ
8 ੮ ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।
9 ੯ ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।
10 ੧੦ ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”
11 ੧੧ ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।
12 ੧੨ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ।
13 ੧੩ ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।
14 ੧੪ ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।
15 ੧੫ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
16 ੧੬ ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।”
17 ੧੭ ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
18 ੧੮ ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
19 ੧੯ ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।”
20 ੨੦ ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?”
21 ੨੧ ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”
22 ੨੨ ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।”
23 ੨੩ ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?”
24 ੨੪ ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।
25 ੨੫ ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।