< ਯੂਹੰਨਾ 8 >
1 ੧ ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ।
2 ੨ ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।
3 ੩ ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।
4 ੪ ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ
5 ੫ ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6 ੬ ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
7 ੭ ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।”
8 ੮ ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ।
9 ੯ ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ।
10 ੧੦ ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11 ੧੧ ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”
12 ੧੨ ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”
13 ੧੩ ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ।”
14 ੧੪ ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ।
15 ੧੫ ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
16 ੧੬ ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।
17 ੧੭ ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ।
18 ੧੮ ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।”
19 ੧੯ ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”
20 ੨੦ ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।
21 ੨੧ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
22 ੨੨ ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।”
23 ੨੩ ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
24 ੨੪ ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”
25 ੨੫ ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ।
26 ੨੬ ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”
27 ੨੭ ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ।
28 ੨੮ ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।
29 ੨੯ ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”
30 ੩੦ ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
31 ੩੧ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।
32 ੩੨ ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
33 ੩੩ ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?”
34 ੩੪ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
35 ੩੫ ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ। (aiōn )
36 ੩੬ ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।
37 ੩੭ ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ।
38 ੩੮ ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
39 ੩੯ ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।
40 ੪੦ ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
41 ੪੧ ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
42 ੪੨ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
43 ੪੩ ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।
44 ੪੪ ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
45 ੪੫ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।
46 ੪੬ ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
47 ੪੭ ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
48 ੪੮ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।”
49 ੪੯ ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
50 ੫੦ ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ।
51 ੫੧ ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।” (aiōn )
52 ੫੨ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ। (aiōn )
53 ੫੩ ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”
54 ੫੪ ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
55 ੫੫ ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
56 ੫੬ ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।”
57 ੫੭ ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।”
58 ੫੮ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
59 ੫੯ ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।