< ਲੂਕਾ 16 >
1 ੧ ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ।
2 ੨ ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।
3 ੩ ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।
4 ੪ ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ।
5 ੫ ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ?
6 ੬ ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ।
7 ੭ ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ।
8 ੮ ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ। (aiōn )
9 ੯ ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ। (aiōnios )
10 ੧੦ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।
11 ੧੧ ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।
12 ੧੨ ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?
13 ੧੩ ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
14 ੧੪ ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।
15 ੧੫ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
16 ੧੬ ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।
17 ੧੭ ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।
18 ੧੮ ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।
19 ੧੯ ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।
20 ੨੦ ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।
21 ੨੧ ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।
22 ੨੨ ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।
23 ੨੩ ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। (Hadēs )
24 ੨੪ ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!
25 ੨੫ ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।
26 ੨੬ ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।
27 ੨੭ ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ।
28 ੨੮ ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।
29 ੨੯ ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।
30 ੩੦ ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।
31 ੩੧ ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।