< ਲੂਕਾ 5 >
1 ੧ ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।
2 ੨ ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ।
3 ੩ ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।
4 ੪ ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।
5 ੫ ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।
6 ੬ ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।
7 ੭ ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ।
8 ੮ ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
9 ੯ ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।
10 ੧੦ ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।
11 ੧੧ ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।
12 ੧੨ ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
13 ੧੩ ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ।
14 ੧੪ ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
15 ੧੫ ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।
16 ੧੬ ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।
17 ੧੭ ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।
18 ੧੮ ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ।
19 ੧੯ ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ।
20 ੨੦ ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ।
21 ੨੧ ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?
22 ੨੨ ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?
23 ੨੩ ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?
24 ੨੪ ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
25 ੨੫ ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।
26 ੨੬ ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।
27 ੨੭ ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ।
28 ੨੮ ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।
29 ੨੯ ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।
30 ੩੦ ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ?
31 ੩੧ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
32 ੩੨ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।
33 ੩੩ ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।
34 ੩੪ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?
35 ੩੫ ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।
36 ੩੬ ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।
37 ੩੭ ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।
38 ੩੮ ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।
39 ੩੯ ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।